July 13, 2025

Punjab Speaks Team / Panjab
ਬਿਨ੍ਹਾਂ ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠਾ ਕੀਤਿਆਂ ਆਪਣੀ ਨੇਕ ਕਮਾਈ ਵਿਚੋਂ ਹਰ ਸਾਲ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨਾਲ ਸਬੰਧਿਤ 51 ਸਾਲਾ ਵਿਅਕਤੀ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਸਤਨਾਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਲੱਗਭਗ ਪਿਛਲੇ 11 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਬੀਤੀ 22 ਜੂਨ ਨੂੰ ਕੰਮ ਦੌਰਾਨ ਸਤਨਾਮ ਸਿੰਘ ਪੌੜੀ ਤੋਂ ਹੇਠਾਂ ਡਿੱਗ ਪਿਆ ਅਤੇ ਕੁਝ ਸਮੇਂ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਇਸ ਮੰਦਭਾਗੀ ਘਟਨਾ ਉਪਰੰਤ ਪੀੜ੍ਹਤ ਪਰਿਵਾਰ ਨੇ ਟਰੱਸਟ ਦੇ ਸਿਹਤ ਸੇਵਾਵਾਂ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਰਾਹੀਂ ਸੰਪਰਕ ਕਰਕੇ ਸਤਨਾਮ ਦਾ ਮਿਤ੍ਰਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ।