January 23, 2026
Punjab Speaks Team / Panjab
ਤਰਨ ਤਾਰਨ, 23 ਜਨਵਰੀ 2026 - 26 ਜਨਵਰੀ ਨੂੰ ਪੁਲਿਸ ਸਟੇਡੀਅਮ, ਤਰਨ ਤਾਰਨ ਵਿਖੇ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ ਵੱਲੋਂ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਅੱਜ ਦੀ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦੇ ਸ਼ਾਨਦਾਰ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ। ਰਿਹਰਸਲ ਦਾ ਨਿਰੀਖਣ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਪੂਰੀ ਤਿਆਰੀ ਅਤੇ ਉਤਸ਼ਾਹ ਨਾਲ ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ।
ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ 26 ਜਨਵਰੀ ਨੂੰ ਸਵੇਰੇ 9:00 ਵਜੇ ਪੁਲਿਸ ਸਟੇਡੀਅਮ ਵਿਖੇ ਪਹੁੰਚ ਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਬਾਜਵਾ, ਜੁਗਰਾਜ ਸਿੰਘ ਸਪੋਰਟਸ ਕੋਆਰਡੀਨੇਟਰ, ਪ੍ਰਿੰਸੀਪਲ ਰਵਿੰਦਰ ਕੌਰ ਆਹਲੂਵਾਲੀਆ, ਪਰਦੀਪ ਸਿੰਘ ਡੀ.ਪੀ.ਈ. ਤੋਂ ਇਵਾਲਾ ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।
Rehearsal Of District Level Republic Day Function Held At Police Stadium Tarn Taran