June 1, 2026
Punjab Speaks Team / Punjab
ਅੰਮ੍ਰਿਤਸਰ 01 ਜੂਨ 2026 :ਖੇਤੀਬਾੜੀ, ਪਸ਼ੂ ਪਾਲਣ, ਸਹਿਕਾਰੀ, ਡੇਅਰੀ ਤੇ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਨ ਵਾਲੀ ਸੰਸਦੀ ਸਥਾਈ ਕਮੇਟੀ ਦਾ 30 ਮੈਂਬਰੀ ਵਫ਼ਦ ਐਤਵਾਰ ਨੂੰ ਅੰਮ੍ਰਿਤਸਰ ਪੁੱਜਾ। ਕਮੇਟੀ ਦੇ ਚੇਅਰਮੈਨ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੇ ਚੰਗੇ ਭਵਿੱਖ ਦੀ ਅਰਦਾਸ ਕਰਦਿਆ ਆਪਣੇ ਤਿੰਨ ਦਿਨਾਂ ਦੌਰੇ ਦੀ ਸ਼ੁਰੂਆਤ ਕੀਤੀ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਕਮੇਟੀ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸਾਰੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਏ, ਜਿੱਥੇ ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਚੰਨੀ ਨੇ ਦੱਸਿਆ ਕਿ ਲੋਕ ਸਭਾ ਤੇ ਰਾਜ ਸਭਾ ਦੇ 30 ਮੈਂਬਰਾਂ ਵਾਲੀ ਕਮੇਟੀ, ਪੰਜਾਬ ਦੇ ਆਪਣੇ ਦੌਰੇ ਦੌਰਾਨ ਖੇਤੀਬਾੜੀ, ਡੇਅਰੀ, ਪਸ਼ੂ ਪਾਲਣ, ਸਹਿਕਾਰੀ ਤੇ ਫੂਡ ਪ੍ਰੋਸੈਸਿੰਗ ਖੇਤਰਾਂ ਦਾ ਵਿਸਥਾਰਤ ਅਧਿਐਨ ਕਰੇਗੀ। ਕਮੇਟੀ ਖੇਤੀਬਾੜੀ ਖੋਜ ਤੇ ਆਧੁਨਿਕ ਤਕਨਾਲੋਜੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕਰੇਗੀ। ਇਸ ਤੋਂ ਇਲਾਵਾ ਇਹ ਵੇਰਕਾ ਮਿਲਕ ਪਲਾਂਟ ਦਾ ਨਿਰੀਖਣ ਕਰੇਗੀ ਤੇ ਡੇਅਰੀ ਉਦਯੋਗ ਦੇ ਕੰਮਕਾਜ ਨੂੰ ਸਮਝੇਗੀ। ਉਨ੍ਹਾਂ ਕਿਹਾ ਕਿ ਕਮੇਟੀ ਕਿਸਾਨ ਸੰਗਠਨਾਂ, ਦੁੱਧ ਉਤਪਾਦਕਾਂ, ਪਸ਼ੂ ਪਾਲਕਾਂ ਤੇ ਮੱਛੀ ਪਾਲਣ ਪੇਸ਼ੇਵਰਾਂ ਨਾਲ ਮੀਟਿੰਗਾਂ ਕਰੇਗੀ। ਇਸ ਦਾ ਉਦੇਸ਼ ਜਮੀਨੀ ਪੱਧਰ ’ਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਚੁਣੌਤੀਆਂ ਨੂੰ ਸਮਝਣਾ ਹੈ। ਅਧਿਐਨ ਦੇ ਆਧਾਰ ’ਤੇ ਖੇਤੀਬਾੜੀ ਖੇਤਰ ਦੀਆਂ ਕਮੀਆਂ, ਸਰਕਾਰੀ ਯੋਜਨਾਵਾਂ ਦੀ ਪ੍ਰਭਾਵਸ਼ੀਲਤਾ ਤੇ ਕਿਸਾਨਾਂ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ, ਕੇਂਦਰ ਸਰਕਾਰ ਨੂੰ ਸਿਫਾਰਸ਼ਾਂ ਪੇਸ਼ ਕੀਤੀਆਂ ਜਾਣਗੀਆਂ। ਮਿਲਾਵਟੀ ਦੁੱਧ, ਪਨੀਰ, ਖੋਆ ਤੇ ਹੋਰ ਡੇਅਰੀ ਉਤਪਾਦਾਂ ਦੇ ਵੱਧ ਰਹੇ ਵਪਾਰ ’ਤੇ ਚਿੰਤਾ ਪ੍ਰਗਟ ਕਰਦੇ ਹੋਏ, ਚੰਨੀ ਨੇ ਕਿਹਾ ਕਿ ਕਮੇਟੀ ਇਸ ਮੁੱਦੇ ਦਾ ਗੰਭੀਰਤਾ ਨਾਲ ਅਧਿਐਨ ਕਰੇਗੀ ਤੇ ਮਿਲਾਵਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਉਪਾਅ ਸੁਝਾਏਗੀ।
ਫ਼ਸਲ ਬੀਮਾ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਢੁਕਵੀਂ ਸੁਰੱਖਿਆ ਨਹੀਂ ਮਿਲ ਰਹੀ ਹੈ। ਕਮੇਟੀ ਇਸ ਮੁੱਦੇ ’ਤੇ ਵੀ ਵਿਚਾਰ-ਵਟਾਂਦਰਾ ਕਰੇਗੀ ਤੇ ਇਕ ਬਿਹਤਰ ਪ੍ਰਣਾਲੀ ਲਈ ਸੁਝਾਅ ਵਿਕਸਤ ਕਰੇਗੀ। ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਰਗੇ ਵਿਕਲਪਾਂ ’ਤੇ ਵੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਸੁਝਾਅ ਦਿੱਤਾ ਕਿ ਝੋਨੇ ਦੀਆਂ ਫਸਲਾਂ ਲਈ ਵਾਧੂ ਸਹਾਇਤਾ ਪ੍ਰਦਾਨ ਕਰਨ ਨਾਲ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਕਮੇਟੀ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਦੇਣ ਤੇ ਕਿਸਾਨਾਂ ਦੀ ਆਮਦਨ ਵਧਾਉਂਣ ਦੇ ਮੁੱਦੇ ’ਤੇ ਵੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਚੰਨੀ ਨੇ ਕਿਹਾ ਕਿ ਕਿਸਾਨਾਂ, ਖੇਤ ਮਜ਼ਦੂਰਾਂ ਤੇ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀਆਂ ਜਾ ਰਹੀਆਂ ਸਿਫਾਰਸ਼ਾਂ ਕੇਂਦਰ ਸਰਕਾਰ ਨੂੰ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਦੇ ਆਯਾਤ ਤੇ ਅੰਤਰਰਾਸ਼ਟਰੀ ਵਪਾਰ ਸਮਝੌਤਿਆਂ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨੀ ਇੱਕ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ। ਇਸ ਤਿੰਨ ਦਿਨਾਂ ਅਧਿਐਨ ਦੌਰੇ ਦੌਰਾਨ ਕਮੇਟੀ ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ਦੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਕਰੇਗੀ ਅਤੇ ਕਿਸਾਨਾਂ ਦੇ ਹਿੱਤ ਵਿਚ ਠੋਸ ਸਿਫਾਰਸ਼ਾਂ ਵਿਕਸਤ ਕਰੇਗੀ।
The Focus Of The Parliamentary Committee s Visit Will Be On Increasing Farmers Income And Agricultural Reforms Charanjit Singh Channi