June 5, 2024

Punjab Speaks / Chandigarh
ਚੰਡੀਗੜ੍ਹ - ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਅਗਲੇ 6 ਮਹੀਨਿਆਂ ਦੇ ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤ ਲਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਹੁਣ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਨੂੰ ਜਿੱਤ ਲਿਆ ਹੈ। ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ।
ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ। ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਗਏ ਹਨ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ
ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਵੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ’ਚ ਚੋਣ ਕਾਰਜਾਂ ’ਚ ਹੀ ਲੱਗਿਆ ਰਹੇਗਾ। ਇਨ੍ਹਾਂ ਜ਼ਿਮਨੀ ਚੋਣਾਂ ’ਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦਰਮਿਆਨ ਹੋਵੇਗਾ।
ਹਾਲਾਂਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰਨਗੀਆਂ ਪਰ ਫਿਰ ਵੀ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਵਾਲੇ ਮਹੀਨਿਆਂ ’ਚ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰਨਗੇ।
5
