October 10, 2024
Punjab Speaks Team / Punjab
ਲੁਧਿਆਣਾ, 10 ਅਕਤੂਬਰ (000) - ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੀਆਂ ਅਨਾਜ਼ ਮੰਡੀਆਂ ਵਿੱਚ ਜਿੱਥੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ ਉੱਥੇ ਉਹ ਤੁਰੰਤ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਖਰੀਦ ਏਜੰਸੀਆਂ ਦੇ ਮੁਖੀਆਂ ਨਾਲ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਜ਼ਿਲ੍ਹਾ ਲੁਧਿਆਣਾ ਦੀ ਅਨਾਜ ਮੰਡੀਆਂ ਵਿੱਚ ਝੋਨਾ ਖਰੀਦ ਕਰਨ ਤੋਂ ਬਾਅਦ ਉਸ ਦੀ ਤੁਰੰਤ ਲਿਫਟਿੰਗ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਅਨਾਜ਼ ਮੰਡੀਆਂ ਵਿੱਚ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਸ੍ਰੀ ਜਤਿੰਦਰ ਜੋਰਵਾਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਰੌਜ਼ਾਨਾ ਸਰਕਾਰੀ ਖ਼ਰੀਦ ਕੀਤੇ ਝੋਨੇ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਮੇਂ ਸਿਰ ਕਰਨ ਨੂੰ ਵੀ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਮੰਡੀਆਂ ਵਿੱਚ ਝੌਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਇਕ ਰਿਪੋਰਟ ਉਨ੍ਹਾਂ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਖਰੀਦ, ਲਿਫਟਿੰਗ ਜਾਂ ਅਦਾਇਗੀ ਆਦਿ ਨਾਲ਼ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਉਸ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ ਤਾਂ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਝੋਨੇ ਦੇ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਫਸਲ ਦੀ ਮੌਕੇ 'ਤੇ ਖਰੀਦ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਇੱਕ ਮਜਬੂਤ ਤੰਤਰ ਸਥਾਪਿਤ ਕੀਤਾ ਗਿਆ ਹੈ ਕਿ ਝੋਨੇ ਦੀ ਫਸਲ ਮੰਡੀਆਂ ਵਿੱਚ ਆਉਣ ਦੇ ਨਾਲ ਹੀ ਖਰੀਦੀ ਅਤੇ ਚੁੱਕੀ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਮੈਡਮ ਕਿ੍ਤਿਕਾ ਗੋਇਲ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ੍ਰੀਮਤੀ ਸਿਫਾਲੀ ਚੋਪੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
DC Ludhiana