July 3, 2025

Punjab Speaks Team / Panjab
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਆਈ.ਏ.ਐੱਸ ਦੀ ਰਹਿਨੁਮਾਈ ਹੇਠ ਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ 8 ਸਕੂਲੀ ਬੱਸਾਂ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀਸੀਟੀਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕੁੰਡਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀ ਹੈ। ਸਾਰੀਆਂ ਵੈਨਾਂ ਪ੍ਰਾਈਵੇਟ ਕਨਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪਰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ। ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜ਼ਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਢੁਕਵਾਂ ਬਣਾਉਣ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਥਰੀ ਵੀਲਰ ਜਾਂ ਆਟੋ ਰਿਕਸ਼ਾ ''ਤੇ ਬੱਚੇ ਲੈ ਕੇ ਆਉਣ ਤੇ ਛੱਡ ਕੇ ਆਉਣ ''ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਟੀਮ ਵੱਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ ਜਿਸ ''ਤੇ ਹੁਣ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ਼੍ਰੀ ਲੱਖਾ ਸਿੰਘ, ਏ.ਐਸ.ਆਈ ਗੁਰਚਰਨ ਸਿੰਘ,(ਟ੍ਰੈਫਿਕ ਐਜੂਕੇਸ਼ਨ ਸੈਲ), ਸਿੱਖਿਆ ਵਿਭਾਗ ਤੋਂ ਸ੍ਰੀ ਨੀਰਜ ਕੁਮਾਰ ਚੈਕਿੰਗ ਟੀਮ ਵਿਚ ਸ਼ਾਮਲ ਸਨ।
School Vehicles Checked Under Safe School Vehicle Policy Challans Issued For 8 Buses
