'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਸ਼ਵ ਇਤਿਹਾਸ ਦੇ ਪੰਨੇ ਤਪੱਸਿਆ, ਸੰਜਮ, ਬਹਾਦਰੀ, ਕੁਰਬਾਨੀ ਅਤੇ ਸੇਵਾ ਦੇ ਕਿੱਸਿਆਂ ਨਾਲ ਭਰੇ ਹੋਏ ਹਨ, ਪਰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੇ ਮਨੁੱਖੀ ਇਤਿਹਾਸ ਵਿੱਚ ਇੱਕ ਨਵਾਂ ਅਤੇ ਲਾਮਿਸਾਲ ਅਧਿਆਇ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸ਼ਾਸਕਾਂ ਅਤੇ ਉਨ੍ਹਾਂ ਦੇ ਅੱਤਿਆਚਾਰ ਅੱਗੇ ਝੁਕਣ ਦੀ ਬਜਾਏ ਗੁਰੂ ਜੀ ਨੇ ਆਪਣੀ ਲਾਸਾਨੀ ਸ਼ਹਾਦਤ ਨਾਲ ਹਕੂਮਤ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਪਹਿਲਾਂ ਗੁਰੂ ਸਾਹਿਬ ਜੀ ਦੇ ਦਾਦਾ ਜੀ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਵੀ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਜੀਵਨ ਕੁਰਬਾਨ ਕਰ ਦਿੱਤਾ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੱਕ-ਸੱਚ ਤੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਨੂੰ ਇੱਕ ਨਵਾਂ ਮੋੜ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਧਰਮ ਵਿੱਚ ਅਟੁੱਟ ਸ਼ਰਧਾ ਤੇ ਵਿਸ਼ਵਾਸ ਰੱਖਣ ਵਾਲੇ ਪੰਡਿਤ ਕਿਰਪਾ ਰਾਮ ਜੀ ਨੂੰ ਸ਼ਰਧਾਂਜਲੀ ਅਤੇ ਡੂੰਘਾ ਸਤਿਕਾਰ ਭੇਟ ਕਰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਡਿਤ ਕਿਰਪਾ ਰਾਮ ਜੀ ਸ੍ਰੀਨਗਰ ਤੋਂ ਲਗਭਗ 65 ਕਿਲੋਮੀਟਰ ਦੂਰ ਸਥਿਤ ਮੱਟਨ ਕਸਬੇ ਦੇ ਵਸਨੀਕ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਨੇ ਆਪਣੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਮਦਦ ਦੀ ਗੁਹਾਰ ਲਾਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕਸ਼ਮੀਰੀ ਪੰਡਿਤ ਵੀ ਸ੍ਰੀਨਗਰ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਗੇ, ਜੋ ਕਿ ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਦਾ ਖੂਬਸੂਰਤ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਕੁਰਬਾਨੀਆਂ ਨਿੱਜੀ ਹਿੱਤ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸੱਚਾਈ ਤੇ ਨਿਆਂ ਲਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ, 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਖਾਲਸੇ ਦਾ ਜਨਮ ਹੋਇਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਾਰਿਮਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸਨਮਾਨ ਲਈ ਆਪਣਾ ਪੂਰਾ ਸਰਬੰਸ ਵਾਰ ਦਿੱਤਾ, ਜਿਸਦੀ ਮਿਸਾਲ ਵਿਸ਼ਵ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਤੇ ਡਟ ਕੇ ਖੜ੍ਹਨ ਦੀ ਗੁੜ੍ਹਤੀ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਰਾਸਤ ਵਿੱਚ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਲਿਦਾਨ ਦੀ ਭਾਵਨਾ ਸਾਡੇ ਖੂਨ ਵਿੱਚ ਹੈ ਅਤੇ ਪੰਜਾਬੀ ਆਪਣੀ ਸ਼ਾਨਦਾਰ ਵਿਰਾਸਤ 'ਤੇ ਮਾਣ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਮੌਕੇ ਨੂੰ ਮਨਾਉਣ ਦਾ ਉਦੇਸ਼ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਫ਼ਲਸਫ਼ੇ ਦਾ ਦੁਨੀਆਂ ਭਰ ਵਿੱਚ ਵੱਧ ਤੋਂ ਵੱਧ ਪਾਸਾਰ ਕਰਨਾ ਹੈ ਤਾਂ ਜੋ ਗੁਰੂ ਜੀ ਦੇ ਸ਼ਾਂਤੀ, ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਆਦਰਸ਼ਾਂ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਕੌਮਾਂ ਆਪਣੇ ਸ਼ਾਨਦਾਰ ਵਿਰਸੇ ਨੂੰ ਭੁੱਲ ਜਾਂਦੀਆਂ ਹਨ, ਉਹ ਇਤਿਹਾਸ ਦੇ ਪੰਨਿਆਂ ਤੋਂ ਜਲਦ ਮਿਟ ਜਾਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਕੌਮਾਂ ਆਪਣੀ ਵਿਰਾਸਤ ਤੋਂ ਪ੍ਰੇਰਨਾ ਲੈ ਕੇ ਸ਼ਹੀਦਾਂ ਦੁਆਰਾ ਦਿਖਾਏ ਮਾਰਗ ‘ਤੇ ਚਲਦੀਆਂ ਹਨ, ਉਹ ਹਨੇਰੇ ਵਿੱਚ ਵੀ ਉਮੀਦ ਦੀਆਂ ਰੌਸ਼ਨੀ ਲੱਭ ਲੈਂਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਏਕਤਾ ਅਤੇ ਧਰਮ ਦੀ ਆਜ਼ਾਦੀ ਦੇ ਸਮਰਥਕ ਸਨ ਅਤੇ ਉਨ੍ਹਾਂ ਦਾ ਜੀਵਨ ਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ, ਪੰਜਾਬ ਸਰਕਾਰ ਨੇ ਸੂਬੇ ਦੇ ਅੰਦਰ ਅਤੇ ਬਾਹਰ ਲੜੀਵਾਰ ਸਮਾਗਮਾਂ ਦੀ ਯੋਜਨਾ ਉਲੀਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਸਦੀਵੀਂ ਰੂਪ ਵਿੱਚ ਰੱਖਣ ਲਈ ਵਚਨਬੱਧ ਹੈ।
Chief Minister Bhagwant Singh Mann And Arvind Kejriwal Attended Kirtan Darbar In Srinagar With Sikh Congregation