July 7, 2026
Punjab Speaks Team / Punjab
ਅੰਮ੍ਰਿਤਸਰ 07 ਜੁਲਾਈ 2026: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮੌਜੂਦਾ ਸਮੇਂ ਵਿੱਚ ਸਾਜ਼ਿਸ਼ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਬਨਾਮ ਮੁੱਖ ਮੰਤਰੀ ਦਾ ਮੁੱਦਾ ਖੜ੍ਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਇਸ ਟਕਰਾਅ ਨੂੰ ਖ਼ਤਮ ਕਰਨ ਲਈ ਪਹਿਲ ਕੀਤੀ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਪੇਸ਼ ਕੀਤੀ ਗਈ ਵੀਡੀਓ ਫੋਰੈਂਸਿਕ ਰਿਪੋਰਟ ਨੂੰ ਫਰਜ਼ੀ ਦੱਸਿਆ ਜਾ ਰਿਹਾ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਫੋਰੈਂਸਿਕ ਜਾਂਚ ਦੀ ਰਿਪੋਰਟ ਦੀ ਪੂਰੀ ਜਾਣਕਾਰੀ ਵੀ ਸੰਗਤ ਸਾਹਮਣੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਦੱਸਿਆ ਜਾਵੇ ਕਿ ਰਿਪੋਰਟ ਕਿਸ ਲੈਬ ਤੋਂ ਤਿਆਰ ਕਰਵਾਈ ਗਈ, ਇਸ ‘ਤੇ ਕਿੰਨਾ ਖ਼ਰਚ ਆਇਆ ਅਤੇ ਉਸ ਦੇ ਬਿੱਲ ਵੀ ਜਨਤਕ ਕੀਤੇ ਜਾਣ।\
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਫੋਰੈਂਸਿਕ ਰਿਪੋਰਟ ਵੀ ਫਰਜ਼ੀ ਨਾ ਨਿਕਲ ਆਵੇ। ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਉਨ੍ਹਾਂ ਸੀਬੀਆਈ ਜਾਂਚ ਦੀ ਮੰਗ ਕੀਤੀ।
2 ਦਸੰਬਰ ਦੇ ਹੁਕਮਨਾਮਿਆਂ ਦਾ ਵੀ ਕੀਤਾ ਜ਼ਿਕਰ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਚੱਲ ਰਹੇ ਕਿਸੇ ਵੀ ਮਾਮਲੇ ਦੀ ਸੁਣਵਾਈ ਕਿਸੇ ਹੋਰ ਦੁਨਿਆਵੀ ਅਦਾਲਤ ਵਿੱਚ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ 15 ਜੂਨ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਤਾਂ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ, ਪਰ 2 ਦਸੰਬਰ 2024 ਦੇ ਹੁਕਮਨਾਮਿਆਂ ਤੋਂ ਮੁਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਏ ਇਕੱਠ ਦੌਰਾਨ ਉਨ੍ਹਾਂ ਹੁਕਮਨਾਮਿਆਂ ਦਾ ਜ਼ਿਕਰ ਤੱਕ ਨਾ ਹੋਣਾ ਵੀ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਦੀ ਆਈਟੀ ਟੀਮ ਵੱਲੋਂ ਟ੍ਰੋਲ ਕੀਤੇ ਜਾਣ ਦੀ ਗੱਲ ਕੀਤੀ ਗਈ ਹੈ, ਪਰ ਉਹ ਖੁਦ ਵੀ ਪਹਿਲਾਂ ਅਜਿਹੇ ਹਾਲਾਤਾਂ ਦਾ ਸਾਹਮਣਾ ਕਰ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਬਾਅ ਦੇ ਬਾਵਜੂਦ ਉਨ੍ਹਾਂ ਨੇ ਹਮੇਸ਼ਾ ਗੁਰਮਰਿਆਦਾ ਅਤੇ ਪੰਥਕ ਪਰੰਪਰਾਵਾਂ ਅਨੁਸਾਰ ਹੀ ਫ਼ੈਸਲੇ ਕੀਤੇ।
Giani Harpreet Singh s Major Statement CM Mann Should Place The Truth Of The Forensic Report Before The Sangat Questions Raised Regarding The Report Submitted To Sri Akal Takht Sahib