July 11, 2026
Punjab Speaks Team / Panjab
ਬਟਾਲਾ ਦੇ ਨਜ਼ਦੀਕੀ ਪਿੰਡ ਸੀੜਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਗੋਲੀਕਾਂਡ ਵਿੱਚ ਗੰਭੀਰ ਜ਼ਖ਼ਮੀ ਹੋਏ ਮਨਪਿੰਦਰ ਸਿੰਘ ਮੰਨਾ ਦੀ ਦੇਰ ਰਾਤ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਅਤੇ ਉਸ ਦੀ ਪਤਨੀ ਨੂੰ ਕੁਝ ਘੰਟਿਆਂ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਡੀਐੱਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਸੀੜਾ ਵਿੱਚ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਕਾਰਨ ਝਗੜਾ ਹੋ ਗਿਆ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਮਨਪਿੰਦਰ ਸਿੰਘ ਮੰਨਾ ਪੁੱਤਰ ਕਰਨੈਲ ਸਿੰਘ ’ਤੇ ਕਰੀਬ ਪੰਜ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਉਨ੍ਹਾਂ ਦੱਸਿਆ ਕਿ ਜ਼ਖ਼ਮੀ ਮਨਪਿੰਦਰ ਨੂੰ ਪਹਿਲਾਂ ਬਟਾਲਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ। ਡੀਐੱਸਪੀ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਸੀ ਅਤੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ ਪੁਲਿਸ ਨੇ ਮੁੱਖ ਮੁਲਜ਼ਮ ਅਤੇ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਵਾਰਦਾਤ ਨਾਲ ਜੁੜੇ ਹਰ ਪੱਖ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।
Seeda Shooting Incident Turns Into A Murder Case Injured Manpinder Succumbs During Treatment Prime Accused And His Wife Arrested