November 20, 2026
Punjab Speaks Team / Punjab
ਲੁਧਿਆਣਾ, 20 ਨਵੰਬਰ:ਲੁਧਿਆਣਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀ ਤਹਿਤ ਅੱਜ ਨਗਰ ਨਿਗਮ ਲੁਧਿਆਣਾ ਨੂੰ 3 ਈ-ਵਾਹਨ ਸੌਂਪੇ ਗਏ।
ਇਨ੍ਹਾਂ ਵਾਹਨਾਂ ਨੂੰ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਜਸਦੇਵ ਸੇਖੋਂ ਅਤੇ ਕੰਪਨੀ ਦੇ ਸੀ.ਐਸ.ਆਰ. ਮੁਖੀ ਸ੍ਰੀ ਅਮਿਤ ਧਵਨ ਨੇ ਆਪਣੀ ਸੀ.ਐਸ.ਆਰ. ਟੀਮ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਜਸਦੇਵ ਸੇਖੋਂ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਦੀ ਸਫ਼ਾਈ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਸਰਕਾਰੀ ਸੰਸਥਾਵਾਂ ਦੇ ਨਾਲ-ਨਾਲ ਉਦਯੋਗਿਕ ਅਦਾਰਿਆਂ ਅਤੇ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਅਜਿਹੀਆਂ ਪਹਿਲਕਦਮੀਆਂ ਨਾਲ ਨਾ ਸਿਰਫ਼ ਸਫ਼ਾਈ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ, ਸਗੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਯਤਨਾਂ ਨੂੰ ਵੀ ਹੁਲਾਰਾ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਈ-ਵਾਹਨਾਂ ਦੀ ਵਰਤੋਂ ਨਾਲ ਸਫ਼ਾਈ ਕਾਰਜਾਂ ਵਿੱਚ ਸਹੂਲਤ ਮਿਲਣ ਦੇ ਨਾਲ-ਨਾਲ ਪ੍ਰਦੂਸ਼ਣ ਘਟਾਉਣ ਅਤੇ ਵਾਤਾਵਰਣ ਪੱਖੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਮਿਲੇਗੀ। ਇਹ ਪਹਿਲਕਦਮੀ ਲੁਧਿਆਣਾ ਨੂੰ ਸਾਫ਼-ਸੁਥਰਾ ਬਣਾਉਣ ਦੇ ਸਾਂਝੇ ਟੀਚੇ ਵੱਲ ਇੱਕ ਅਹਿਮ ਕਦਮ ਹੈ।
ਇਸ ਮੌਕੇ ਨਗਰ ਨਿਗਮ ਦੀ ਟੀਮ ਵੱਲੋਂ ਇਸ ਨੇਕ ਉਪਰਾਲੇ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਪ੍ਰਬੰਧਨ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿੱਜੀ ਉਦਯੋਗਿਕ ਅਦਾਰਿਆਂ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਸਫ਼ਾਈ ਮੁਹਿੰਮ ਵਿੱਚ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ ਅਤੇ ਅਜਿਹੇ ਸਾਂਝੇ ਯਤਨ ਲੁਧਿਆਣਾ ਨੂੰ ਸਾਫ਼ ਅਤੇ ਹਰਿਆ-ਭਰਿਆ ਬਣਾਉਣ ਵਿੱਚ ਸਹਾਈ ਹੋਣਗੇ।
Vardhman Special Steels Ltd Hands Over 3 E vehicles To Ludhiana Municipal Corporation