November 26, 2026
Punjab Speaks Team / Punjab
ਚੰਡੀਗੜ੍ਹ, 26 ਨਵੰਬਰ : ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੇ ਆਪਣੀ ਤਾਕਤ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਅੱਜ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਸੂਬੇ ਵਿੱਚ ਤਿੰਨ ਵੱਖ-ਵੱਖ ਸਿਆਸੀ ਇਕੱਠ ਹੋਣ ਜਾ ਰਹੇ ਹਨ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਮੋਗਾ, ਅੰਮ੍ਰਿਤਸਰ ਅਤੇ ਫਿਲੌਰ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿੱਚ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਕਰਵਾਈ ਜਾ ਰਹੀ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨਾਲ ਜੁੜੇ ਇਸ ਸਮਾਗਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਰੈਲੀ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਲੋਕਾਂ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਵਿੱਖ ਦੀਆਂ ਯੋਜਨਾਵਾਂ ਅਤੇ ਨਵੇਂ ਐਲਾਨਾਂ ਰਾਹੀਂ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ।
ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਇੰਡੀਆ ਗੇਟ ਨੇੜੇ ਰਾਜ ਰਿਜ਼ੋਰਟ ਵਿਖੇ ਦੁਪਹਿਰ 12 ਵਜੇ ਰੈਲੀ ਕੀਤੀ ਜਾਵੇਗੀ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਂਗਰਸ ਵੱਲੋਂ ਇਸ ਮੰਚ ਤੋਂ ਸੰਵਿਧਾਨ ਦੀ ਰਾਖੀ, ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ, ਗੈਂਗਸਟਰਾਂ ਦੀਆਂ ਗਤੀਵਿਧੀਆਂ ਅਤੇ ਕਥਿਤ ਵੋਟ ਚੋਰੀ ਵਰਗੇ ਮੁੱਦਿਆਂ ਨੂੰ ਉਭਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਇਨ੍ਹਾਂ ਮੁੱਦਿਆਂ ਰਾਹੀਂ ਸੂਬਾ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ।
ਬਹੁਜਨ ਸਮਾਜ ਪਾਰਟੀ ਵੀ ਸੰਵਿਧਾਨ ਦਿਵਸ ਮੌਕੇ ਫਿਲੌਰ ਵਿੱਚ ਵੱਡਾ ਇਕੱਠ ਕਰਨ ਜਾ ਰਹੀ ਹੈ। ਇਸ ਰੈਲੀ ਨੂੰ ਪਾਰਟੀ ਦੀ ‘ਪੰਜਾਬ ਸੰਭਾਲੋ’ ਮੁਹਿੰਮ ਨਾਲ ਜੋੜਿਆ ਗਿਆ ਹੈ। ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੇ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।
ਇੱਕੋ ਦਿਨ ਹੋਣ ਵਾਲੇ ਇਨ੍ਹਾਂ ਤਿੰਨ ਸਮਾਗਮਾਂ ਵਿੱਚ ਪਾਰਟੀਆਂ ਦੇ ਵੱਖੋ-ਵੱਖਰੇ ਸਿਆਸੀ ਏਜੰਡੇ ਸਾਹਮਣੇ ਆਉਣਗੇ। ‘ਆਪ’ ਸਰਕਾਰ ਆਪਣੇ ਕੰਮਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ, ਜਦਕਿ ਕਾਂਗਰਸ ਸਰਕਾਰ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਸੰਵਿਧਾਨਕ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕਰੇਗੀ। ਉੱਧਰ, ਬਸਪਾ ਬਹੁਜਨ ਸਮਾਜ ਨਾਲ ਜੁੜੇ ਮੁੱਦਿਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਰਾਹੀਂ ਆਪਣਾ ਜਨ ਆਧਾਰ ਵਧਾਉਣ ਦੀ ਰਣਨੀਤੀ ’ਤੇ ਕੰਮ ਕਰੇਗੀ।
ਸਿਆਸੀ ਮਾਹਿਰਾਂ ਦੀ ਨਜ਼ਰ ਹੁਣ ਇਨ੍ਹਾਂ ਰੈਲੀਆਂ ਵਿੱਚ ਇਕੱਠੇ ਹੋਣ ਵਾਲੇ ਲੋਕਾਂ ਦੀ ਗਿਣਤੀ, ਆਗੂਆਂ ਦੇ ਭਾਸ਼ਣਾਂ ਅਤੇ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਐਲਾਨਾਂ ’ਤੇ ਰਹੇਗੀ। ਇਨ੍ਹਾਂ ਸਮਾਗਮਾਂ ਤੋਂ ਇਹ ਵੀ ਸੰਕੇਤ ਮਿਲ ਸਕਦੇ ਹਨ ਕਿ 2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਕਿਹੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਣ ਜਾ ਰਹੀਆਂ ਹਨ।
Major Stir In Punjab Politics Today The Three Major Parties Will Hold Shows Of Strength